Sun,Nov 17,2019 | 08:05:08pm
HEADLINES:

India

SC-ST ਵਿਦਿਆਰਥੀਆਂ ਲਈ ਸਕਾਲਰਸ਼ਿਪ ਲੈਣੀ ਹੋਈ ਔਖੀ

SC-ST ਵਿਦਿਆਰਥੀਆਂ ਲਈ ਸਕਾਲਰਸ਼ਿਪ ਲੈਣੀ ਹੋਈ ਔਖੀ

ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦੇ ਨਵੇਂ ਫੈਸਲੇ ਨੇ ਅਨੁਸੂਚਿਤ ਜਾਤੀ (ਐੱਸਸੀ) ਤੇ ਅਨੁਸੂਚਿਤ ਜਨਜਾਤੀ (ਐੱਸਟੀ) ਵਰਗ ਦੇ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਨੂੰ ਵਧਾ ਦਿੱਤਾ ਹੈ। ਨਵੇਂ ਨਿਯਮ ਤਹਿਤ 60 ਫੀਸਦੀ ਤੋਂ ਘੱਟ ਨੰਬਰ ਲੈਣ ਵਾਲੇ ਐੱਸਸੀ-ਐੱਸਟੀ ਵਿਦਿਆਰਥੀਆਂ ਨੂੰ ਹੁਣ ਸਕਾਲਰਸ਼ਿਪ ਨਹੀਂ ਦਿੱਤੀ ਜਾਵੇਗੀ।
 
ਇਸ ਫੈਸਲੇ ਦੇ ਵਿਰੋਧ ਵਿੱਚ ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਮੇਰਠ 'ਚ ਵਿਦਿਆਰਥੀਆਂ ਵੱਲੋਂ ਰੋਸ ਮਾਰਚ ਵੀ ਕੱਢਿਆ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਐੱਸਸੀ-ਐੱਸਟੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਮਾਜਿਕ ਤੇ ਆਰਥਿਕ ਤੌਰ 'ਤੇ ਪੱਛੜੇ ਹੋਣ ਕਾਰਨ ਮਿਲਦੀ ਹੈ, ਨਾ ਕਿ ਸਿੱਖਿਆ ਦੇ ਆਧਾਰ 'ਤੇ।
 
ਨਵੇਂ ਨਿਯਮ ਤਹਿਤ ਐੱਸਸੀ-ਐੱਸਟੀ ਵਰਗਾਂ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਤਾਂ ਹੀ ਮਿਲੇਗੀ, ਜਦੋਂ ਉਹ ਘੱਟ ਤੋਂ ਘੱਟ 60 ਫੀਸਦੀ ਅੰਕ ਪ੍ਰਾਪਤ ਕਰਨਗੇ। ਇਸ ਤੋਂ ਪਹਿਲਾਂ ਇਨ੍ਹਾਂ ਵਿਦਿਆਰਥੀਆਂ ਲਈ ਸਕਾਲਰਸ਼ਿਪ ਦੀ ਫੀਸਦੀ ਸਬੰਧੀ ਕੋਈ ਸੀਮਾ ਨਹੀਂ ਸੀ। ਵਿਦਿਆਰਥੀ ਅਧਿਕਾਰ ਮੋਰਚਾ ਦੇ ਅਹੁਦੇਦਾਰਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨਵੇਂ ਨਿਯਮ ਪੱਛੜੇ ਵਰਗਾਂ ਦੇ ਵਿਕਾਸ ਵਿੱਚ ਮੁਸ਼ਕਿਲਾਂ ਪੈਦਾ ਕਰਨਗੇ।
 
ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀ ਆਨੰਦ ਪ੍ਰਕਾਸ਼ ਸਿਧਾਰਥ ਨੇ ਕਿਹਾ ਕਿ ਸਰਕਾਰ ਦੇ ਨਵੇਂ ਫੈਸਲੇ ਦਾ ਵਿਰੋਧ ਕਰਨ ਵਾਲੇ ਵਿਦਿਆਰਥੀ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ। ਸਕਾਲਰਸ਼ਿਪ ਦੀ ਮਦਦ ਨਾਲ ਉਹ ਆਪਣੀ ਪੜ੍ਹਾਈ ਨੂੰ ਜਾਰੀ ਰੱਖ ਰਹੇ ਹਨ, ਪਰ ਨਵੇਂ ਫੈਸਲੇ ਨਾਲ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਿਤ ਹੋਵੇਗੀ। ਇੱਕ ਹੋਰ ਵਿਦਿਆਰਥੀ ਕੁਸ਼ਵਿੰਦਰ ਪ੍ਰਤਾਪ ਨੇ ਕਿਹਾ ਕਿ ਜੇਕਰ ਫੈਸਲਾ ਵਾਪਸ ਨਾ ਹੋਇਆ ਤਾਂ ਉਹ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕਰਨਗੇ।

 

Comments

Leave a Reply