Tue,Oct 20,2020 | 02:28:57am
HEADLINES:

Punjab

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤੇ ਖੇਤੀ ਆਰਡੀਨੈਂਸ ਦੇ ਮੁੱਦੇ 'ਤੇ ਬਸਪਾ ਦਾ ਪ੍ਰਦਰਸ਼ਨ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤੇ ਖੇਤੀ ਆਰਡੀਨੈਂਸ ਦੇ ਮੁੱਦੇ 'ਤੇ ਬਸਪਾ ਦਾ ਪ੍ਰਦਰਸ਼ਨ

ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਅੱਜ 14 ਸਤੰਬਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਖੇਤੀ ਆਰਡੀਨੈਂਸ ਦੇ ਮੁੱਦੇ 'ਤੇ ਫਗਵਾੜਾ 'ਚ ਪ੍ਰਦਰਸ਼ਨ ਕੀਤਾ ਗਿਆ, ਜਿਸ 'ਚ ਵੱਡੀ ਗਿਣਤੀ 'ਚ ਲੋਕ ਸ਼ਾਮਲ ਹੋਏ। ਇਹ ਪ੍ਰਦਰਸ਼ਨ ਬਸਪਾ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਦੀ ਅਗਵਾਈ 'ਚ ਕੀਤਾ ਗਿਆ।

ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਸ. ਗੜ੍ਹੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ 'ਚ ਘਪਲੇ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪੰਜਾਬ ਦੇ ਅਨੁਸੂਚਿਤ ਜਾਤੀ ਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਦੇ ਸਕਾਲਰਸ਼ਿਪ ਦੇ ਹੱਕਾਂ 'ਤੇ ਡਾਕਾ ਮਾਰਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸਾਲ 2016-17 ਤੋਂ ਸਾਲ 2019-20 ਦਾ ਕਰੀਬ 1900 ਕਰੋੜ ਰੁਪਿਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਕੇਂਦਰ ਅਤੇ ਪੰਜਾਬ ਸਰਕਾਰ ਵੱਲ ਬਕਾਇਆ ਹੈ, ਜਿਸ ਕਾਰਨ ਪੰਜਾਬ ਦੇ ਅਨੁਸੂਚਿਤ ਜਾਤੀਆਂ ਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਅਤੇ ਸਰਟੀਫਿਕੇਟ ਕਾਲਜਾਂ-ਯੂਨੀਵਰਸਿਟੀਆਂ ਵੱਲੋਂ ਜਾਰੀ ਨਹੀਂ ਕੀਤੇ ਜਾ ਰਹੇ ਹਨ।

ਇਸ ਤੋਂ ਇਲਾਵਾ ਹਰ ਸਾਲ ਕਰੀਬ 1 ਲੱਖ 20 ਹਜ਼ਾਰ ਐਸਸੀ ਵਿਦਿਆਰਥੀ, ਜੋ ਕਿ ਮੈਰਿਟ ਨੰਬਰਾਂ ਨਾਲ ਪਾਸ ਹੋਏ ਹਨ, ਅਗਲੇਰੀ ਕਲਾਸ 'ਚ ਦਾਖਲਾ ਲੈਣ ਤੋਂ ਵਾਂਝੇ ਰਹਿ ਗਏ ਹਨ। ਉਨ੍ਹਾਂ ਨੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ ਦੇ ਨਾਲ-ਨਾਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਬਕਾਇਆ ਸਾਰੀ ਰਾਸ਼ੀ ਜਾਰੀ ਕੀਤੇ ਜਾਣ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੜ੍ਹਾਈ ਪੂਰੀ ਕਰ ਚੁੱਕੇ ਵਿਦਿਆਰਥੀਆਂ ਦੀਆਂ ਡਿਗਰੀਆਂ ਤੇ 10ਵੀਂ-12ਵੀਂ ਦੇ ਸਰਟੀਫਿਕੇਟ, ਜੋ ਕਿ ਨਿੱਜੀ ਤੇ ਸਰਕਾਰੀ ਵਿੱਦਿਅਕ ਅਦਾਰਿਆਂ ਵੱਲੋਂ ਦਿੱਤੇ ਨਹੀਂ ਜਾ ਰਹੇ ਹਨ, ਉਹ ਤੁਰੰਤ ਇਨ੍ਹਾਂ ਵਿਦਿਆਰਥੀਆਂ ਨੂੰ ਦਿੱਤੇ ਜਾਣ।

ਸ. ਜਸਵੀਰ ਸਿੰਘ ਗੜ੍ਹੀ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸ ਨੂੰ ਕਿਸਾਨ ਵਿਰੋਧੀ ਦੱਸਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਵਿਰੋਧ 'ਚ ਲਿਆਂਦੇ ਗਏ ਇਨ੍ਹਾਂ ਆਰਡੀਨੈਂਸ ਨੂੰ ਤੁਰੰਤ ਰੱਦ ਕੀਤਾ ਜਾਵੇ। ਨਾਲ ਹੀ ਫਸਲਾਂ ਦਾ ਐਮਐਸਪੀ ਜਾਰੀ ਰੱਖਿਆ ਜਾਵੇ। ਬਸਪਾ ਦੇ ਇਸ ਪ੍ਰਦਰਸ਼ਨ ਦੌਰਾਨ ਭਾਰੀ ਗਿਣਤੀ 'ਚ ਪਾਰਟੀ ਆਗੂ-ਵਰਕਰ ਤੇ ਲੋਕ ਸ਼ਾਮਲ ਹੋਏ।

Comments

Leave a Reply