Wed,Dec 12,2018 | 01:55:46pm
HEADLINES:

Punjab

ਬਸਪਾ ਨੇ ਦਿੱਤੀ ਚਿਤਾਵਨੀ-ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਹੋਣਗੇ ਪ੍ਰਦਰਸ਼ਨ

ਬਸਪਾ ਨੇ ਦਿੱਤੀ ਚਿਤਾਵਨੀ-ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਹੋਣਗੇ ਪ੍ਰਦਰਸ਼ਨ

ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਸ. ਰਸ਼ਪਾਲ ਸਿੰਘ ਰਾਜੂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਐੱਸਸੀ ਵਿਦਿਆਰਥੀਆਂ ਨੂੰ ਨਾ ਦਿੱਤੇ ਜਾਣ 'ਤੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਤੇ ਸੂਬੇ ਦੀ ਕਾਂਗਰਸ ਸਰਕਾਰ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਲੈ ਕੇ ਗੰਭੀਰ ਨਹੀਂ ਹਨ। ਇਸੇ ਕਾਰਨ ਇਨ੍ਹਾਂ ਸਰਕਾਰਾਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਪੂਰਾ ਲਾਭ ਐਸਸੀ ਵਿਦਿਆਰਥੀਆਂ ਨੂੰ ਨਹੀਂ ਦਿੱਤਾ ਜਾ ਰਿਹਾ ਹੈ।
 
ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਪੂਰੀ ਰਕਮ ਜਾਰੀ ਨਹੀਂ ਕੀਤੀ ਜਾ ਰਹੀ, ਦੂਜੇ ਪਾਸੇ ਕਾਲਜ ਪ੍ਰਬੰਧਕਾਂ ਵੱਲੋਂ ਲਗਾਤਾਰ ਐੱਸਸੀ ਵਿਦਿਆਰਥੀਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਕਾਰਨ ਵੱਡੀ ਗਿਣਤੀ ਵਿੱਚ ਵਿਦਿਆਰਥੀ ਪੜ੍ਹਾਈ ਦੀ ਜਗ੍ਹਾ ਸੜਕਾਂ 'ਤੇ ਆ ਕੇ ਸੰਘਰਸ਼ ਕਰਨ ਲਈ ਮਜਬੂਰ ਹੋ ਰਹੇ ਹਨ।
 
ਸ. ਰਸ਼ਪਾਲ ਸਿੰਘ ਰਾਜੂ ਨੇ ਕਿਹਾ ਕਿ ਕਾਲਜ ਪ੍ਰਬੰਧਕਾਂ ਵੱਲੋਂ ਐੱਸਸੀ ਵਿਦਿਆਰਥੀਆਂ ਨੂੰ ਫੀਸਾਂ ਨੂੰ ਲੈ ਕੇ ਜ਼ਲੀਲ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਹੋਰ ਸਰਟੀਫਿਕੇਟ ਦੇਣ 'ਤੇ ਰੋਕ ਲਗਾਈ ਜਾ ਰਹੀ ਹੈ। ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ 'ਤੇ ਲਗਾਤਾਰ ਫੀਸ ਦੇਣ ਦਾ ਦਬਾਅ ਬਣਾਇਆ ਜਾ ਰਿਹਾ ਹੈ। ਇਸੇ ਕਾਰਨ ਕਈ ਵਿਦਿਆਰਥੀ ਪੜ੍ਹਾਈ ਵਿਚਕਾਰ ਤੋਂ ਹੀ ਛੱਡਣ ਲਈ ਮਜਬੂਰ ਹੋ ਰਹੇ ਹਨ। 
 
ਬਸਪਾ ਸੂਬਾ ਪ੍ਰਧਾਨ ਸ. ਰਾਜੂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਨੂੰ ਹੋਰ ਜਟਿਲ ਬਣਾ ਦਿੱਤਾ ਗਿਆ ਹੈ। ਅਜਿਹੀਆਂ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਪੂਰਾ ਕਰਨਾ ਵਿਦਿਆਰਥੀਆਂ ਲਈ ਮੁਸ਼ਕਿਲ ਹੋ ਰਿਹਾ ਹੈ। ਇਸੇ ਕਾਰਨ ਵਿਦਿਆਰਥੀਆਂ ਦੀ ਖੱਜਲ ਖੁਆਰੀ ਹੋ ਰਹੀ ਹੈ।
 
ਸ. ਰਸ਼ਪਾਲ ਸਿੰਘ ਰਾਜੂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰਾਂ ਤੇ ਕਾਲਜ ਪ੍ਰਬੰਧਕ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲੈ ਕੇ ਵਿਦਿਆਰਥੀਆਂ ਨੂੰ ਆਉਣ ਵਾਲੀ ਸਮੱਸਿਆ ਨੂੰ ਛੇਤੀ ਤੋਂ ਛੇਤੀ ਦੂਰ ਕਰਨ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਬਸਪਾ ਸੂਬੇ ਭਰ ਵਿੱਚ ਪ੍ਰਦਰਸ਼ਨ ਕਰੇਗੀ।
 
ਇਸ ਮੌਕੇ ਬਸਪਾ ਸੂਬਾ ਪ੍ਰਧਾਨ ਸ. ਰਸ਼ਪਾਲ ਸਿੰਘ ਰਾਜੂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਗੰਭੀਰ ਨਹੀਂ ਹੈ। ਸੂਬੇ ਵਿੱਚ ਪਿਛਲੀ ਅਕਾਲੀ-ਭਾਜਪਾ ਸਰਕਾਰ ਵਾਂਗ ਕਾਂਗਰਸ ਦੇ ਰਾਜ ਵਿੱਚ ਵੀ ਲੋਕ ਇਨਸਾਫ ਲਈ ਭਟਕ ਰਹੇ ਹਨ। ਸਿਹਤ-ਸਿੱਖਿਆ ਵਰਗੀਆਂ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਵੀ ਪੂਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਵਿਕਾਸ, ਭਾਈਚਾਰੇ ਤੇ ਖੁਸ਼ਹਾਲੀ ਲਈ ਬਸਪਾ ਦੇ ਨਾਲ ਜੁੜਨ।

Comments

Leave a Reply