Sat,May 30,2020 | 01:05:12am
HEADLINES:

Punjab

'ਦਲਿਤ ਵਿਦਿਆਰਥੀਆਂ ਦੇ ਨਾਂ 'ਤੇ ਰਾਜਨੀਤੀ ਨਾ ਕਰਨ ਅਕਾਲੀ ਆਗੂ'

'ਦਲਿਤ ਵਿਦਿਆਰਥੀਆਂ ਦੇ ਨਾਂ 'ਤੇ ਰਾਜਨੀਤੀ ਨਾ ਕਰਨ ਅਕਾਲੀ ਆਗੂ'

ਸਟੂਡੈਂਟਸ ਕੋਆਰਡੀਨੇਸ਼ਨ ਕਮੇਟੀ ਦੇ ਆਗੂ ਦੀਪਕ ਜੱਲੋਵਾਲ ਨੇ ਕਿਹਾ ਹੈ ਕਿ ਅਕਾਲੀ ਵਿਧਾਇਕ ਦਲਿਤ ਵਿਦਿਆਰਥੀਆਂ ਦੇ ਵਜੀਫਿਆਂ ਦੇ ਨਾਂ 'ਤੇ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਲਿਤ ਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਕੇਂਦਰ ਸਰਕਾਰ ਦੀ ਹੈ। ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ, ਜਿਸ ਵਿੱਚ ਅਕਾਲੀ ਦਲ ਭਾਈਵਾਲ ਹੈ।

ਉਨ੍ਹਾਂ ਕਿਹਾ ਕਿ ਕੇਂਦਰ 'ਚ ਜਦੋਂ ਦੀ ਭਾਜਪਾ ਸਰਕਾਰ ਅਕਾਲੀ ਦਲ ਦੇ ਸਹਿਯੋਗ ਨਾਲ ਬਣੀ ਹੈ, ਉਦੋਂ ਤੋਂ ਦਲਿਤ ਵਿਦਿਆਰਥੀਆਂ ਦੀ ਹਾਲਤ ਕਾਫੀ ਖਰਾਬ ਹੋਈ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਜਟ 'ਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈ, ਜਿਸ ਕਰਕੇ ਲੱਖਾਂ ਵਿਦਿਆਰਥੀ ਕਾਲਜਾਂ 'ਚ ਦਾਖਲਾ ਲੈਣ ਤੋਂ ਵਾਂਝੇ ਰਹਿ ਗਏ ਹਨ।

ਵਿਦਿਆਰਥੀ ਆਗੂ ਨੇ ਕਿਹਾ ਕਿ ਕੇਂਦਰ ਦੀ ਅਕਾਲੀ ਦਲ ਦੀ ਭਾਈਵਾਲ ਭਾਜਪਾ ਸਰਕਾਰ ਤੇ ਸੂਬੇ ਦੀ ਕਾਂਗਰਸ ਸਰਕਾਰ ਦੋਵੇਂ ਹੀ ਦਲਿਤ ਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਵਿੱਦਿਆ ਦੇਣ ਪ੍ਰਤੀ ਗੰਭੀਰ ਨਹੀਂ ਹਨ ਤੇ ਇਸ ਸਕੀਮ ਨੂੰ ਖਤਮ ਕਰਨ ਲੱਗੀਆਂ ਹੋਈਆਂ ਹਨ। ਇਨ੍ਹਾਂ ਪਾਰਟੀਆਂ ਦੇ ਆਗੂਆਂ ਵੱਲੋਂ ਦਲਿਤ ਵਿਦਿਆਰਥੀਆਂ ਦੇ ਨਾਂ 'ਤੇ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਦਲਿਤ-ਪੱਛੜੇ ਵਰਗ ਦੇ ਵਿਦਿਆਰਥੀਆਂ ਦੀ ਸਿੱਖਿਆ ਅਤੇ ਇਸ ਸਕੀਮ ਨੂੰ ਲਾਗੂ ਕਰਨ ਪ੍ਰਤੀ ਇਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਗੰਭੀਰ ਹੁੰਦੀਆਂ ਤਾਂ ਦਲਿਤ ਵਿਦਿਆਰਥੀਆਂ ਨੂੰ ਲਗਾਤਾਰ ਸੜਕਾਂ 'ਤੇ ਆ ਕੇ ਸੰਘਰਸ਼ ਕਰਨ ਲਈ ਮਜਬੂਰ ਨਾ ਹੋਣਾ ਪੈਂਦਾ।

ਕੇਂਦਰ ਦੀ ਭਾਜਪਾ-ਅਕਾਲੀ ਦਲ ਤੇ ਸੂਬੇ ਦੀ ਕਾਂਗਰਸ ਸਰਕਾਰ ਦੀ ਨਕਾਰਾਤਮਕ ਭੂਮਿਕਾ ਕਾਰਨ ਹੀ ਦਲਿਤ-ਪੱਛੜੇ ਵਰਗ ਦੇ ਵਿਦਿਆਰਥੀਆਂ ਨੂੰ ਕਾਲਜਾਂ 'ਚ ਜ਼ਲੀਲ ਹੋਣਾ ਪੈਂਦਾ ਹੈ, ਸੜਕਾਂ 'ਤੇ ਧਰਨੇ ਲਗਾਉਣੇ ਪੈਂਦੇ ਹਨ ਤੇ ਮਾਨਸਿਕ ਪੀੜਾ ਸਹਿਣੀ ਪੈਂਦੀ ਹੈ। ਜੇਕਰ ਅਸਲ ਵਿੱਚ ਇਨ੍ਹਾਂ ਪਾਰਟੀਆਂ ਦੇ ਨੇਤਾ ਗੰਭੀਰ ਹਨ ਤਾਂ ਤੁਰੰਤ ਹੀ ਇਸ ਸਕੀਮ ਤਹਿਤ ਫੰਡ ਜਾਰੀ ਕਰਨ, ਤਾਂਕਿ ਵਿਦਿਆਰਥੀ ਚੰਗੇ ਢੰਗ ਨਾਲ ਵਿੱਦਿਆ ਪ੍ਰਾਪਤ ਕਰ ਸਕਣ।

ਵਿਦਿਆਰਥੀ ਆਗੂ ਦੀਪਕ ਜੱਲੋਵਾਲ ਨੇ ਇਹ ਵੀ ਕਿਹਾ ਕਿ ਜਦੋਂ ਸੂਬੇ ਵਿੱਚ ਅਕਾਲੀ-ਭਾਜਪਾ ਦੀ ਸਰਕਾਰ ਸੀ, ਉਦੋਂ ਵੀ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਨਹੀਂ ਮਿਲਦਾ ਸੀ, ਉਦੋਂ ਵੀ ਆਪਣਾ ਰੋਲ ਨੰਬਰ ਲੈਣ ਜਾਂ ਦਾਖਲਾ ਲੈਣ ਲਈ ਵਿਦਿਆਰਥੀਆਂ ਨੂੰ ਸੜਕਾਂ 'ਤੇ ਆ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈਂਦਾ ਸੀ।

ਜਿਹੜੇ ਵਿਧਾਇਕ ਹੁਣ ਆਪਣੇ ਆਪ ਨੂੰ ਦਲਿਤ ਵਿਦਿਆਰਥੀਆਂ ਦੇ ਸ਼ੁਭਚਿੰਤਕ ਸਾਬਿਤ ਕਰਨ ਲੱਗੇ ਹੋਏ ਹਨ, ਉਹ ਜਦੋਂ ਸੱਤਾ 'ਚ ਸਨ, ਉਦੋਂ ਉਹ ਦਲਿਤ ਵਿਦਿਆਰਥੀਆਂ ਦੇ ਮੁੱਦਿਆਂ 'ਤੇ ਚੁੱਪ ਬੈਠੇ ਰਹੇ। ਵਿਦਿਆਰਥੀਆਂ ਦਾ ਭਵਿੱਖ ਖਰਾਬ ਹੁੰਦਾ ਰਿਹਾ, ਪਰ ਉਹ ਕੁਝ ਨਹੀਂ ਬੋਲੇ।

ਇਸ ਤੋਂ ਇਲਾਵਾ ਵਿਦਿਆਰਥੀ ਆਗੂ ਨਵਦੀਪ ਦਕੋਹਾ ਨੇ ਵੀ ਆਪਣੀ ਫੇਸਬੁੱਕ ਵਾਲ ਤੇ ਲਿਖਿਆ ਕਿ ਕਾਂਗਰਸ ਤੇ ਅਕਾਲੀ-ਭਾਜਪਾ ਸਰਕਾਰਾਂ ਦਲਿਤ-ਪੱਛੜੇ ਵਰਗ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਲੈ ਕੇ ਗੰਭੀਰ ਨਹੀਂ ਹਨ।

Comments

Leave a Reply